ਖਾਸ ਖਬਰਾਂ

ਪਿੰਡ ਖੇੜੀ ਫੱਤਣ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

By ਸਿੱਖ ਸਿਆਸਤ ਬਿਊਰੋ

August 03, 2018

ਸਮਾਣਾ: ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਵਿਚ ਬੇਅਦਬੀਆਂ ਦਾ ਸ਼ੁਰੂ ਹੋਇਆ ਸਿਲਸਿਲਾ ਅਜੇ ਵੀ ਜਾਰੀ ਹੈ। ਬੀਤੇ ਕਲ੍ਹ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਘਟਨਾ ਸਬੰਧੀ ਗੁਰਦੁਆਰਾ ਸਾਹਿਬ ਖੇੜੀ ਫੱਤਣ ਦੇ ਗ੍ਰੰਥੀ ਗੁਰਨਾਮ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਵਾ ਨੌਂ ਵਜੇ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਪਾੜੇ ਪਏ ਸਨ। ਰੁਮਾਲਾ ਸਾਹਿਬ ਵੀ ਆਪਣੀ ਥਾਂ ਤੋਂ ਹਟਿਆ ਹੋਇਆ ਸੀ। ਗੁਰੂ ਗ੍ਰੰਥ ਸਾਹਿਬ ਨੇੜੇ ਮੁੰਨੀ ਨਾਂ ਦੀ ਔਰਤ ਬੈਠੀ ਸੀ, ਜਿਸ ਦੇ ਹੱਥ ਵਿੱਚ ਵੀ ਪਾਵਨ ਸਰੂਪ ਦੇ ਅੰਗ ਸਨ। ਗ੍ਰੰਥੀ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਵਾਸੀਆਂ ਤੇ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ’ਤੇ ਹੀ ਮੁੰਨੀ (55) ਵਾਸੀ ਪਿੰਡ ਬਿਜਲਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਪਾਵਨ ਸਰੂਪ ਦੀ ਬੇਅਦਬੀ ਕਰਨ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ। ਇਹ ਔਰਤ ਆਪਣੀ ਧੀ ਦੇ ਸਹੁਰੇ ਘਰ ਆਈ ਹੋਈ ਸੀ।

ਜ਼ਿਕਰਯੋਗ ਹੈ ਕਿ ਬਰਗਾੜੀ ਵਿਖੇ ਹੋਈ ਬੇਅਦਬੀ ਲਈ ਡੇਰਾ ਸਿਰਸਾ ਦੇ ਜ਼ਿੰਮੇਵਰ ਹੋਣ ਦੇ ਅਹਿਮ ਸਬੂਤ ਮਿਲ ਚੁੱਕੇ ਹਨ ਪਰ ਸਰਕਾਰ ਫਿਲਹਾਲ ਇਸ ਮਾਮਲੇ ‘ਤੇ ਚੁੱਪ ਵੱਟੀ ਬੈਠੀ ਹੈ।

ਸ਼੍ਰੋਮਣੀ ਕਮੇਟੀ ਵਲੋਂ ਨਿਖੇਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪਿੰਡ ਗੋਸਲ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁਖਦਾਈ ਘਟਨਾਵਾਂ ਵਾਪਰ ਰਹੀਆਂ ਹਨ। ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ ਅਤੇ ਬਿਜਲੀ ਉਪਕਰਣ ਲੋੜ ਮੁਤਾਬਕ ਹੀ ਚਲਾਏ ਜਾਣੇ ਚਾਹੀਦੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਵੀ ਬੇਹੱਦ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਇਕ ਵਾਰ ਫਿਰ ਸਵਾਲ ਪੈਦਾ ਕਰ ਦਿੱਤਾ ਹੈ ਕਿ ਬਾਰ ਬਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਵੀ ਸਰਕਾਰ ਵੱਲੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਤਹਿ ਤੱਕ ਕਿਉਂ ਨਹੀਂ ਪਹੁੰਚਿਆਂ ਜਾ ਸਕਿਆ। ਭਾਈ ਲੌਂਗੋਵਾਲ ਨੇ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਰਕਾਰਾਂ ਨੂੰ ਸਖ਼ਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਰ ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ ਘਰਾਂ ਅੰਦਰ ਪਹਿਰੇਦਾਰੀ ਲਾਜ਼ਮੀ ਨਹੀਂ ਕੀਤਾ ਜਾ ਰਹੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਖੇੜੀ ਫੱਤਣ ਵਿਖੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਦੇ ਮੈਨੇਜਰ ਸ. ਕਰਨੈਲ ਸਿੰਘ ਦੀ ਅਗਵਾਈ ਵਿਚ ਇਕ ਟੀਮ ਭੇਜੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: