ਖਾਸ ਖਬਰਾਂ

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇ ਚੈੱਕ ਦਿੱਤੇ

By ਸਿੱਖ ਸਿਆਸਤ ਬਿਊਰੋ

August 01, 2018

ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਵੱਲ ਕੂਚ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਮਦਦ ਕਰਦਿਆਂ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦੇ ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ ‘ਤੇ ਦਿੱਤੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ ਆਪਣੀ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਮਦਦ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵੱਲੋਂ ਪੈਨਸ਼ਨ ਨਹੀਂ ਦਿੱਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ ੫੦-੫੦ ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਸੇ ਤਹਿਤ ਹੀ ਅੱਜ ਕੁਝ ਧਰਮੀ ਫ਼ੌਜੀਆਂ ਨੂੰ ਆਰਥਿਕ ਮਦਦ ਦੇ ਚੈੱਕ ਦਿੱਤੇ ਗਏ ਹਨ ਅਤੇ ਅਗਲੇ ਦਿਨਾਂ ਵਿਚ ਬਾਕੀ ਰਹਿੰਦੇ ਧਰਮੀ ਫ਼ੌਜੀਆਂ ਨੂੰ ਵੀ ਆਰਥਿਕ ਮਦਦ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਸਹਾਇਤਾ ਪ੍ਰਾਪਤ ਕਰਨ ਵਾਲੇ ਧਰਮੀ ਫ਼ੌਜੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਸਮੇਂ-ਸਮੇਂ ‘ਤੇ ਬਾਂਹ ਫੜ੍ਹੀ ਹੈ। ਇਸ ਮੌਕੇ ਧਰਮੀ ਫ਼ੌਜੀਆਂ ਵਿੱਚੋਂ ਸ. ਬਖਸ਼ੀਸ਼ ਸਿੰਘ ਕਾਦੀਆ ਜਨਰਲ ਸਕੱਤਰ, ਸ. ਸਰਵਣ ਸਿੰਘ, ਸ. ਹਰਭਜਨ ਸਿੰਘ, ਸ. ਕੁਲਵੰਤ ਸਿੰਘ, ਸ. ਬਲਕਾਰ ਸਿੰਘ, ਸ. ਜਗਜੋਤ ਸਿੰਘ, ਸ. ਰਣਜੀਤ ਸਿੰਘ, ਸ. ਸਵਿੰਦਰ ਸਿੰਘ, ਸ. ਹਰਨੇਕ ਸਿੰਘ, ਸ. ਬਲਦੇਵ ਸਿੰਘ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: