ਖਾਸ ਖਬਰਾਂ » ਸਿੱਖ ਖਬਰਾਂ

ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਲਈ ਤਿਆਰ

September 8, 2018 | By

ਅੰਮ੍ਰਿਤਸਰ: ਬੀਤੇ ਦਿਨੀਂ ਪਾਕਿਸਤਾਨ ‘ਚ ਨਵੀਂ ਬਣੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਲਾਂਘਾ ਖੋਲ੍ਹਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸੰਗਤ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਇਸ ਲਾਂਘੇ ਨੂੰ ਬਿਨਾਂ ਵੀਜ਼ਾ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਸਗੋਂ ਇਸ ਕਾਰਜ ਲਈ ਸਿਆਸਤ ਤੋਂ ਉਪਰ ਉੱਠ ਕੇ ਸਾਂਝੇ ਯਤਨ ਹੋਣੇ ਚਾਹੀਦੇ ਹਨ।

ਡੇਰਾ ਬਾਬਾ ਨਾਨਕ ਨੇੜਲੇ ਪਿੰਡ ਨਾਰੋਵਾਲ ਵਿੱਚ ਦੂਰਬੀਨ ਰਾਹੀਂ ਇੱਕ ਬੱਚਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦਾ ਹੋਇਆ।

ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਆਰਜ਼ੀ ਲਾਂਘੇ ਬਾਰੇ ਯੋਜਨਾਬੰਦੀ ਉਨ੍ਹਾਂ ਦੇ ਵਿਚਾਰ ਅਧੀਨ ਹੈ।

ਪੰਜਾਬ ਸਰਕਾਰ ਦੇ ਵਜ਼ੀਰ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਇਮਰਾਨ ਖਾਨ ਜਾਂ ਪਾਕਿਸਤਾਨ ਦੇ ਕਿਸੇ ਅਧਿਕਾਰੀ ਨਾਲ ਸਿੱਧੀ ਗੱਲ ਨਹੀਂ ਹੋਈ, ਪਰ ਸਰਕਾਰੀ ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਫੈਸਲਾ ਲੈ ਲਿਆ ਹੈ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦੀ ਮੰਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 16 ਨਵੰਬਰ 2010 ਨੂੰ ਮਤਾ ਪਾਸ ਕੀਤਾ ਸੀ। ਪੰਜਾਬ ਵਿਧਾਨ ਸਭਾ ਨੇ 27 ਅਗਸਤ 2018 ਨੂੰ ਪਾਏ ਮਤੇ ਤੋਂ ਪਹਿਲਾਂ ਵੀ 5 ਅਕਤੂਬਰ 2010 ਨੂੰ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਨਾਲ ਉਠਾਉਣ ਦੀ ਅਪੀਲ ਕੀਤੀ ਸੀ।

ਦੱਸਣਯੋਗ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਭਾਰਤ ਦੀ ਸਰਹੱਦ ’ਤੇ ਕਸਬਾ ਡੇਰਾ ਬਾਬਾ ਨਾਨਕ ਤੋਂ ਕੇਵਲ ਕੁਝ ਕਿਲੋਮੀਟਰ ਦੀ ਦੂਰੀ ’ਤੇ ਹੈ, ਜਿਸ ਨੂੰ ਇਥੇ ਬਣੇ ਗੁਰਦੁਆਰੇ ਅਤੇ ਸਰਹੱਦ ਤੋਂ ਦੂਰਬੀਨ ਰਾਹੀਂ ਦੇਖਿਆ ਜਾ ਸਕਦਾ ਹੈ। ਇਥੇ ਆਉਣ ਵਾਲੇ ਸ਼ਰਧਾਲੂ ਤੇ ਯਾਤਰੂ ਇਸ ਗੁਰਦੁਆਰੇ ਨੂੰ ਇਥੋਂ ਦੂਰਬੀਨ ਰਾਹੀਂ ਦੇਖਦੇ ਵੀ ਹਨ। ਗੁਰਦੁਆਰੇ ਦੇ ਲਾਂਘੇ ਲਈ ਸਿੱਖ ਸ਼ਰਧਾਲੂਆਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਹਰ ਮਹੀਨੇ ਇਥੇ ਅਰਦਾਸ ਵੀ ਕੀਤੀ ਜਾਂਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,