ਆਮ ਖਬਰਾਂ » ਸਿੱਖ ਖਬਰਾਂ

ਜ਼ਮੀਨ ਹੇਠਲੇ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਸ਼੍ਰੋਮਣੀ ਕਮੇਟੀ‘ਵਾਟਰ ਸੇਵ ਟਰੀਟਮੈਂਟ ਪਲਾਂਟ’ਲਾਵੇਗੀ

August 17, 2016 | By

ਅੰਮ੍ਰਿਤਸਰ: ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਯਤਨ ਨਾਲ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ’ ਲਾਵੇਗੀ।

ਫਤਹਿਗੜ੍ਹ ਸਾਹਿਬ ਵਿਚਲੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰੈਸ ਦੇ ਨਾਮ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲਾਂਟ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕੁਝ ਗੁਰਦੁਆਰਾ ਸਾਹਿਬਾਨ ਵਿੱਚ ਲਗਾਇਆ ਜਾਵੇਗਾ ਅਤੇ ਹਰੇਕ ਪਲਾਂਟ ਤੇ ਲਗਭਗ 2 ਲੱਖ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਇਸ ਦੀ ਸ਼ੁਰੂਆਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਦੇ ਗੁਰਦੁਆਰਾ ਸਾਹਿਬਾਨ ਵਿੱਚ ਇਹ ਪਲਾਂਟ ਲਾਉਣ ਦੀ ਚੋਣ ਕੀਤੀ ਜਾ ਰਹੀ ਹੈ ਤੇ ਇਸ ਦੀ ਸ਼ੁਰੂਆਤ ਲਗਭਗ ਇਕ ਮਹੀਨੇ ਤੱਕ ਸ਼ੁਰੂ ਹੋ ਜਾਵੇਗੀ। ਕਮੇਟੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਯਤਨ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੰਨ੍ਹੀ ਛਾਂ ਯੋਜਨਾ ਹੇਠ ਵਾਤਾਵਰਣ ਦੀ ਸਾਂਭ-ਸੰਭਾਲ ਲਈ ਲੱਖਾਂ ਦੀ ਗਿਣਤੀ ਵਿੱਚ ਬੂਟੇ ਵੰਡੇ ਗਏ ਸਨ ਅਤੇ ਆਪਣੇ ਪ੍ਰਬੰਧ ਹੇਠਲੀਆਂ ਵਿਦਿਅਕ ਸੰਸਥਾਵਾਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਲਈ ਜ਼ਮੀਨ ਵਿੱਚ ਵੀ ਬੂਟੇ ਲਾਏ ਜਾਂਦੇ ਹਨ।

ਉਨ੍ਹਾਂ ਕਿਹਾ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਖੇਤੀ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਖੇਤੀ ਰਾਹੀਂ ਪੈਦਾ ਹੋਈਆਂ ਉਪਜਾਂ ਨੂੰ ਗੁਰੂ ਰਾਮਦਾਸ ਲੰਗਰ ਘਰ ਵਿੱਚ ਸੰਗਤ ਦੇ ਲੰਗਰ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਰਸ਼ ਦੇ ਪਾਣੀ ਨੂੰ ਬਚਾਉਣ ਤੇ ਸੰਭਾਲਣ ਦੇ ਮੰਤਵ ਨਾਲ ਦਰਬਾਰ ਸਾਹਿਬ ਕੰਪਲੈਕਸ ਵਿੱਚ ‘ਵਾਟਰ ਹਾਰਵੈਸਟਿੰਗ’ ਦੇ ਚਾਰ ਬੋਰ ਕੀਤੇ ਗਏ ਸਨ, ਜਿਸ ਰਾਹੀਂ ਬਾਰਸ਼ ਦੇ ਪਾਣੀ ਨੂੰ ਜ਼ਮੀਨ ਹੇਠਾਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸੇ ਯੋਜਨਾ ਤਹਿਤ ਬਾਕੀ ਦੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ’ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਯੋਜਨਾ ਕਾਮਯਾਬ ਰਹੀ ਤਾਂ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਵੀ ਇਸ ਪਲਾਂਟ ਨੂੰ ਲਗਾਇਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,