ਸਿੱਖ ਖਬਰਾਂ

ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਮਨਾਇਆ ਗਿਆ

By ਸਿੱਖ ਸਿਆਸਤ ਬਿਊਰੋ

November 01, 2015

ਅੰਮਿ੍ਤਸਰ (31 ਅਕਤੂਬਰ, 2015): ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਭਾਰਤੀ ਫੌਜ ਦੁਆਰਾ ਹਮਲਾ ਕਰਵਾਕੇ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਸ਼ਹੀਦ ਕਰਕੇ ਸਿੱਖ ਸਰਵਉੱਚਤਾ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਤੋਪਾਂ ਦੇ ਗੋਲਿਆਂ ਨਾਲ ਢਹਿ ਢੇਰੀ ਕਰ ਦਿੱਤਾ ਸੀ।

ਭਾਰਤੀ ਸਾਬਕਾ ਪ੍ਰਧਾਨੀ ਮੰਤਰੀ ਨੂੰ ਉਸਦੇ ਸਿੱਖਾਂ ‘ਤੇ ਕੀਤੇ ਜ਼ੁਲਮਾਂ ਦੀ ਸਜ਼ਾ ਦੇਣ ਲਈ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ  ਨੇ ਉਸਨੂੰ 31 ਅਕਤੂਬਰ 1984 ਨੂੰ ਸਿੱਖ ਰਵਾਇਤਾਂ ਅਨੁਸਾਰ ਦੰਡ ਦੇ ਕੇ ਇਸ ਜਹਾਨੋ ਤੁਰਦੀ ਕਰ ਦਿੱਤਾ ਸੀ ।ਇਸ ਦੌਰਾਨ ਹੀ ਭਾਈ ਬੇਅੰਤ ਸਿੰਘ ਭਾਰਤੀ ਸੁਰੱਖਿਆ ਦਸਤਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ।

ਸਿੱਖ ਕੌਮ ਦੇ ਇਸ ਮਹਾਨ ਸ਼ਹੀਦ ਦੀ 31ਵੀਂ ਬਰਸੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਝੰਡੇ ਬੁੰਗੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕਰਕੇ ਮਨਾਈ ਗਈ । ਸ਼ੋ੍ਰਮਣੀ ਕਮੇਟੀ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ । ਗਿਆਨੀ ਰਾਜਦੀਪ ਸਿੰਘ ਵੱਲੋਂ ਅਰਦਾਸ ਕੀਤੀ ਗਈ ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ, ਜਿਨ੍ਹਾਂ ‘ਚ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾਂ ਸ: ਵਰਿਆਮ ਸਿੰਘ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾਤਾ ਸ: ਭੁਪਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਭਾਈ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਅਰਦਾਸ ‘ਚ ਸ਼ਾਮਿਲ ਨਾ ਹੋਣ ‘ਤੇ ਇਸ ਦੇ ਲਈ ਸ਼ੋ੍ਰਮਣੀ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਬੇਅੰਤ ਸਿੰਘ ਦੇ ਪਰਿਵਾਰ ਨੂੰ ਕੋਈ ਸੱਦਾ ਨਹੀਂ ਭੇਜਿਆ ਗਿਆ ।

ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਕਤ ਆਗੂਆਂ ਨੇ ਕਿਹਾ ਕਿ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਮਾਣ-ਸਨਮਾਨ ਨਾਲ ਸ਼ੋ੍ਰਮਣੀ ਕਮੇਟੀ ਵੱਲੋਂ ਸੱਦਾ ਪੱਤਰ ਭੇਜੇ ਜਾਣੇ ਚਾਹੀਦੇ ਹਨ ਤੇ ਉਨ੍ਹਾਂ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ ।

ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਬਿੱਟੂ, ਬਲਦੇਵ ਸਿੰਘ ਸਰਸਾ, ਭਾਈ ਮਨਜੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ, ਵਧੀਕ ਮੈਨੇਜ਼ਰ ਹਰਪ੍ਰੀਤ ਸਿੰਘ, ਅਕਾਲੀ ਦਲ ਅੰਮਿ੍ਤਸਰ ਤੋਂ ਭਾਈ ਧਿਆਨ ਸਿੰਘ ਮੰਡ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਝਬਾਲ, ਕਮਿਕਰ ਸਿੰਘ, ਰਣਬੀਰ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: