ਸਿਆਸੀ ਖਬਰਾਂ » ਸਿੱਖ ਖਬਰਾਂ

ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਮੌਕੇ ਸਿਆਸੀ ਕਾਨਫ਼ਰੰਸਾਂ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਵਿਰੋਧ

December 21, 2017 | By

ਫਤਿਹਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫ਼ਤਿਹਗੜ੍ਹ ਸਾਹਿਬ ਵਿਖੇ 25, 26 ਤੇ 27 ਦਸੰਬਰ ਨੂੰ ਸ਼ਹੀਦੀ ਸਭਾ ਦੇ ਵਿਚਕਾਰਲੇ ਦਿਨ ਵੱਖ-ਵੱਖ ਸਿਆਸੀ ਦਲਾਂ ਵੱਲੋਂ ਕੀਤੀਆਂ ਜਾਂਦੀਆਂ ਕਾਨਫ਼ਰੰਸਾਂ ’ਤੇ ਰੋਕ ਲਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕੋਲ ਪਹੁੰਚ ਕੀਤੀ।

ਫਤਿਹਗੜ੍ਹ ਸਾਹਿਬ ਵਿਖੇ ਸਿਆਸੀ ਕਾਨਫ਼ਰੰਸਾਂ ’ਤੇ ਰੋਕ ਲਵਾਉਣ ਦੀ ਮੰਗ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਹਮਾਇਤੀ

ਫਤਿਹਗੜ੍ਹ ਸਾਹਿਬ ਵਿਖੇ ਸਿਆਸੀ ਕਾਨਫ਼ਰੰਸਾਂ ’ਤੇ ਰੋਕ ਲਵਾਉਣ ਦੀ ਮੰਗ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਹਮਾਇਤੀ

ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵੱਲ ਪੈਦਲ ਮਾਰਚ ਕੀਤਾ। ਜਥੇ ਨੇ ‘ਸਿਆਸੀ ਕਾਨਫ਼ਰੰਸਾਂ ਬੰਦ ਕਰੋ ਅਤੇ ਸਿਆਸੀ ਆਗੂਆਂ ਸ਼ਰਮ ਕਰੋ’ ਆਦਿ ਨਾਅਰਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਦੌਰਾਨ ਜ਼ਿਲ੍ਹਾ ਪੁਲਿਸ ਨੇ ਅਮਨ-ਸ਼ਾਂਤੀ ਵਜੋਂ ਜਥੇ ਨੂੰ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਹੀ ਰੋਕ ਦਿੱਤਾ। ਇਸ ਦੌਰਾਨ ਜਥਾ ਗੇਟ ਅੱਗੇ ਧਰਨਾ ਲਾ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਨ ਲੱਗਿਆ, ਜਿਸ ਮਗਰੋਂ ਏਡੀਸੀ ਫ਼ਤਿਹਗੜ੍ਹ ਸਾਹਿਬ ਨੇ ਜਥੇ ਤੋਂ ਮੰਗ ਪੱਤਰ ਲਿਆ।

ਇਸ ਤੋਂ ਪਹਿਲਾਂ ਸਿਆਸੀ ਕਾਨਫਰੰਸਾਂ ਦਾ ਵਿਰੋਧ ਕਰ ਰਹੀਆਂ ਸਿੱਖ ਸੰਗਤਾਂ ਵਲੋਂ ਬਾਦਲ ਦਲ ਦੀ ਸਿਆਸੀ ਕਾਨਫ਼ਰੰਸ ਵਾਲੇ ਸਥਾਨ ’ਤੇ ਸ਼ਾਮਿਆਨੇ ਹਟਾਉਣ ਦੀ ਕੋਸ਼ਿਸ਼ ਨੂੰ ਪੁਲਿਸ ਨੇ ਰੋਕ ਦਿੱਤਾ। ਜਥੇ ਦੇ ਆਗੂਆਂ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿਆਸੀ ਕਾਨਫ਼ਰੰਸਾਂ ਰੱਦ ਕਰਨ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਸ ਮੌਕੇ ਧਰਨੇ ਵਿੱਚ ਬੈਠੇ ਨੌਜਵਾਨ ਗੁਰਿੰਦਰਪਾਲ ਸਿੰਘ ਵਾਸੀ ਪਿੰਡ ਜਮਸ਼ੇਰ ਖਾਲ (ਜਲੰਧਰ) ਨੇ ਕਿਹਾ ਕਿ ਉਹ ਸਿਆਸੀ ਕਾਨਫ਼ਰੰਸਾਂ ਰੱਦ ਕਰਵਾਉਣ ਲਈ 15 ਦਸੰਬਰ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ ਤੇ ਭੁੱਖ ਹੜਤਾਲ 28 ਦਸੰਬਰ ਤੱਕ ਜਾਰੀ ਰਹੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,