Site icon Sikh Siyasat News

ਸਿੱਖ ਜਥੇਬੰਦੀ ਨੇ ਪਟਿਆਲਾ ਦੇ ਪਿੰਡ ‘ਚ ਨਸ਼ਾ ਵੇਚਣ ਵਾਲਿਆਂ ਖਿਲਾਫ ਕੀਤੀ ਕਾਰਵਾਈ ਦੀ ਮੰਗ

ਪਟਿਆਲਾ: ਸੋਮਵਾਰ (7 ਅਗਸਤ) ਨੂੰ ਯੁਨਾਈਟਿਡ ਸਿੱਖ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਰਾਜਪੁਰਾ ਅਤੇ ਹਰਚੰਦ ਸਿੰਘ ਮੰਡਿਆਣਾ ਦੀ ਅਗਵਾਈ ਹੇਠ ਇਕ ਵਫਦ ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਚੱਲ ਰਹੇ ਨਜਾਇਜ਼ ਤੌਰ ‘ਤੇ ਨਸ਼ੇ ਨੂੰ ਰੋਕਣ ਲਈ ਪੁਲਿਸ ਕਪਤਾਨ ਪਟਿਆਲਾ ਭੂਪਤੀ ਨੂੰ ਮੰਗ ਪੱਤਰ ਦੇਣ ਗਏ।

ਯੂਨਾਈਟਿਡ ਸਿੱਖ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਰਾਜਪੁਰਾ ਅਤੇ ਉਨ੍ਹਾਂ ਦੇ ਸਾਥੀ ਪਟਿਆਲਾ ਪੁਲਿਸ ਕਪਤਾਨ ਨੂੰ ਮੰਗ-ਪੱਤਰ ਦੇਣ ਗਏ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਰਾਜਪੁਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਗੁਰਦੁਆਰਾ ਸਾਹਿਬ ਨੇੜੇ ਇਕ ਵਿਅਕਤੀ ਵਲੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਹਨ ਅਤੇ ਜੇ ਕੋਈ ਉਸਨੂੰ ਅਜਿਹਾ ਕਰਨ ਤੋਂ ਮਨ੍ਹਾ ਕਰਦਾ ਹੈ ਤਾਂ ਉਹ ਜਵਾਬ ਦਿੰਦਾ ਹੈ ਕਿ ਮੇਰੀ ਵੱਡੇ ਸਿਆਸੀ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਨਸ਼ੇ ਵੇਚਣ ਵਾਲਿਆਂ ਨੂੰ ਰੋਕਿਆ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿਚ ਗਲਤਾਨ ਹੋਣ ਤੋਂ ਬਚਾਇਆ ਜਾ ਸਕੇ। ਭਾਈ ਰਾਜਪੁਰਾ ਨੇ ਕਿਹਾ ਕਿ ਜੇਕਰ ਫੇਰ ਵੀ ਕਾਰਵਾਈ ਨਾ ਹੋਈ ਤਾਂ ਸਿੱਖ ਜਥੇਬੰਦੀ ਆਪਣੇ ਆਪ ਉਸ ਵਿਅਕਤੀ ਨੂੰ ਫੜ੍ਹ ਕੇ ਮੀਡੀਆ ਦੇ ਸਾਹਮਣੇ ਲਿਆਵੇਗੀ। ਇਸ ਮੌਕੇ ਯੂਨਾਈਟਿਡ ਸਿੱਖ ਪਾਰਟੀ ਦੇ ਸੁਖਜੀਤ ਸਿੰਘ, ਜਗਦੀਪ ਸਿੰਘ, ਸਤਿਕਾਰ ਕਮੇਟੀ ਤੋਂ ਇੰਦਰਜੀਤ ਸਿੂੰਘ, ਸਰਪੰਚ ਬਲਬੀਰ ਸਿੰਘ ਸਮੇਤ ਹੋਰ ਵਿਅਕਤੀ ਹਾਜ਼ਰ ਸਨ।

ਇਸ ਸਬੰਧੀ ਮੀਡੀਆ ਵਲੋਂ ਡੀ.ਆਈ.ਜੀ. ਡਾ. ਸੁਖਚੈਨ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਸਾਡੇ ਧਿਆਨ ਵਿਚ ਆਇਆ ਹੈ ਅਸੀਂ ਪਿੰਡ ਵਿਚ ਜਾਂਚ ਕਰਾਵਾਂਗੇ ਅਤੇ ਜੋ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ ਕਾਰਵਾਈ ਜ਼ਰੂਰ ਕਰਾਂਗੇ। ਉਨ੍ਹਾਂ ਕਿਹਾ ਪਟਿਆਲਾ ਜ਼ਿਲ੍ਹੇ ਦੇ ਵਿਚ ਕੋਈ ਵੀ ਵਿਅਕਤੀ ਗ਼ੈਰ-ਕਾਨੂੰਨੀ ਤੌਰ ‘ਤੇ ਨਸ਼ਾ ਵੇਚਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version