ਸਿੱਖ ਖਬਰਾਂ

ਨੌਜਵਾਨ ਸਿੱਖ ਆਗੂ ਮਨਧੀਰ ਸਿੰਘ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ

January 19, 2011 | By

ਮਾਨਸਾ (19 ਜਨਵਰੀ, 2011): ਸਿੱਖ ਸਟੂਡੈਂਟਸ ਫੇਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਨੂੰ ਅੱਜ ਮਾਨਸਾ ਪੁਲਿਸ ਨੇ ਗ੍ਰਿਫਤਾਰ ਕਰਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਵੱਲੋਂ ਮਨਧੀਰ ਸਿੰਘ ਦੀ ਗ੍ਰਿਫਤਾਰੀ ਡੇਰਾ ਪ੍ਰੇਮੀ ਲਿੱਲੀ ਕੁਮਾਰ ਕਤਲ ਕੇਸ ਵਿੱਚ ਦਿਖਾਈ ਗਈ ਹੈ। ਪੰਜਾਬ ਪੁਲਿਸ ਵੱਲੋਂ ਐਸ. ਐਚ. ਓ ਸਦਰ ਸ੍ਰ. ਹਰਪਾਲ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੇ 5 ਮਈ, 2010 ਨੂੰ ਮਨਧੀਰ ਸਿੰਘ ਤੇ ਤਰਲੋਚਨ ਸਿੰਘ ਲੋਚਾ ਦਾ ਗ੍ਰਿਫਤਾਰੀ ਵਰੰਟ ਹਾਸਿਲ ਕੀਤਾ ਸੀ। ਇਸ ਦੌਰਾਨ ਮਨਧੀਰ ਸਿੰਘ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਐਡਵੋਕੇਟ ਅਜੀਤ ਸਿੰਘ ਭੰਗੂ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਲਿੱਲੀ ਕੁਮਾਰ ਕਤਲ ਕੇਸ ਪਿਛਲੇ ਤਕਰੀਬਨ ਡੇਢ ਸਾਲ ਤੋਂ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਕੇਸ ਦੀ ਪੂਰੀ ਫਾਈਲ ਵਿੱਚ ਮਨਧੀਰ ਸਿੰਘ ਦਾ ਜ਼ਿਕਰ ਤੱਕ ਨਹੀਂ ਹੈ। ਤਰਲੋਚਨ ਸਿੰਘ ਨੂੰ ਇਸ ਕੇਸ ਵਿੱਚੋਂ ਡਿਸਚਾਰਜ਼ ਕਰ ਦਿੱਤਾ ਗਿਆ ਹੈ ਤੇ ਅਜੇ ਤੱਕ ਪੁਲਿਸ ਰਿਕਾਰਡ ਮੁਤਾਬਿਕ ਮਨਧੀਰ ਸਿੰਘ ਪੁਲਿਸ ਵੱਲੋਂ ਲੋੜੀਂਦਾ ਨਹੀਂ ਸੀ। ਉਨ੍ਹਾਂ ਮਨਧੀਰ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੀ ਬੇਨਤੀ ਕੀਤੀ। ਅਦਾਲਤ ਵੱਲੋਂ ਮਨਧੀਰ ਸਿੰਘ ਨੂੰ 21 ਜਨਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੰਦਿਆਂ ਦੋ ਦਿਨ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਮਨਧੀਰ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਇੰਜੀਨੀਅਰਿੰਗ ਕਰਨ ਤੋਂ ਬਾਅਦ ਕੈਨੇਡਾ ਤੋਂ ਉੱਚ ਤਕਨੀਕੀ ਵਿਦਿਆ ਹਾਸਿਲ ਕੀਤੀ। ਸਾਲ 2004 ਤੋਂ ਦਸੰਬਰ 2006 ਤੱਕ ਮਨਧੀਰ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਦੇ ਆਹੁਦੇ ਉੱਤੇ ਰਹੇ ਤੇ ਪੰਜਾਬੀ ਯੁਨੀਵਰਸਿਟੀ ਪਟਿਆਲਾ ਤੋਂ ਐਮ. ਏ. (ਤੁਲਨਾਤਮਿਕ ਧਰਮ ਅਧਿਅਨ) ਰਾਹੀਂ ਵੱਖ-ਵੱਖ ਧਰਮਾਂ ਬਾਰੇ ਉਚੇਰੀ ਸਿੱਖਿਆ ਹਾਸਿਲ ਕੀਤੀ। ਮਨਧੀਰ ਸਿੰਘ ਨੇ ਸਾਲ 2007 ਦੌਰਾਨ ਪੰਜਾਬ ਵਿਧਾਨ ਸਭਾ ਦੀ ਸੀਟ ਅਕਾਲੀ ਦਲ ਅੰਮ੍ਰਿਤਸਰ ਵਲੋਂ ਬਲਾਚੌਰ ਤੋਂ ਚੋਣ ਲੜੀ ਤੇ ਉਸ ਤੋਂ ਬਾਅਦ ਉਹ ਸ਼੍ਰੋਮਣੀ ਗੁਰਦਾਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੀ ਤਿਆਰੀ ਕਰਨ ਦੇ ਨਾਲ-ਨਾਲ ਸਮਾਜਿਕ, ਧਾਰਮਿਕ ਅਤੇ ਸਿਆਸੀ ਖੇਤਰ ਵਿੱਚ ਸਰਗਰਮ ਹਨ। ਉਧਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੌਜੂਦਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਤੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਨੇ ਇਸ ਗ੍ਰਿਫਤਾਰੀ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਸਰਕਾਰ ਉੱਪਰ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕਾਨੂੰਨ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਸ੍ਰ. ਪਰਮਜੀਤ ਸਿੰਘ ਗਾਜ਼ੀ ਜੋ ਅੱਜ ਅਦਾਲਤ ਵਿੱਚ ਹਾਜ਼ਰ ਸਨ ਨੇ ਕਿਹਾ ਹੈ ਕਿ ਭਾਈ ਮਨਧੀਰ ਸਿੰਘ ਨੂੰ ਅਗਾਮੀ ਸ਼੍ਰੋਮਣੀ ਕਮੇਟੀ ਚੋਣਾ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਗ੍ਰਿਫਤਾਰ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: