ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਸਿੱਖ ਖਬਰਾਂ

ਬਰਗਾੜੀ ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਨੇ ਬਾਦਲਾਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ

June 12, 2018 | By

ਬਠਿੰਡਾ: ਹੁਣ ਜਦੋਂ ਪੁਲਿਸ ਜਾਂਚ ਵਿਚ ਬਰਗਾੜੀ ਬੇਅਦਬੀ ਕਾਂਡ ਦੀਆਂ ਤਾਰਾਂ ਡੇਰਾ ਸਿਰਸਾ ਨਾਲ ਜਾ ਜੁੜੀਆਂ ਹਨ ਤਾਂ ਬੇਅਦਬੀ ਮੌਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ-ਭਾਜਪਾ ਗਠਜੋੜ ਦੀ ਸਰਕਾਰ ਦੀ ਕਾਰਗੁਜ਼ਾਰੀ ਵੱਡੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਮੇਤ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਇਕ ਸਾਂਝੀ ਪ੍ਰੈਸ ਕਾਨਫਰੰਸ ਕਰਦਿਆਂ ਬਰਗਾੜੀ ਗੋਲੀ ਕਾਂਡ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਬੰਧੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰ ਸੁਖਬੀਰ ਸਿੰਘ ਬਾਦਲ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।

ਬਠਿੰਡਾ ਵਿੱਚ ਕਾਨਫਰੰਸ ਕਰਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂ

ਉਨ੍ਹਾਂ ਆਖਿਆ ਕਿ ਇਨ੍ਹਾਂ ਘਟਨਾਵਾਂ ਸਬੰਧੀ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਐਕਸ਼ਨ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਕਮੇਟੀ ਨੇ ਜਾਂਚ ਕਰਦੇ ਹੋਏ ਕੁਝ ਡੇਰਾ ਪ੍ਰੇਮੀਆਂ ਨੂੰ ਘੇਰੇ ਵਿੱਚ ਲਿਆਂਦਾ ਸੀ। ਪਰ ਫ਼ਰੀਫਕੋਟ ਜ਼ਿਲ੍ਹੇ ਦੇ ਕੁਝ ਪੁਲੀਸ ਅਫ਼ਸਰਾਂ ਨੇ ਉਨ੍ਹਾਂ ਦੀ ਜਾਂਚ ਦੇ ਉਲਟ ਉਨ੍ਹਾਂ ’ਤੇ ਪਰਚੇ ਦਰਜ ਕਰ ਦਿੱਤੇ। ਇਸ ਦੌਰਾਨ ਭਾਈ ਗੁਰਦੀਪ ਸਿੰਘ ਬਠਿੰਡਾ ਦੇ ਦੋਵੇਂ ਮੰਡਿਆਂ ’ਤੇ ਝੂਠੇ ਪਰਚੇ ਦਰਜ ਕੀਤੇ ਗਏ। ਕਾਹਨ ਸਿੰਘ ਵਾਲਾ ਨੇ ਬਾਦਲ ਸਰਕਾਰ ’ਤੇ ਸਿੰਘਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਤਸ਼ੱਦਦ ਢਾਹੁਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਤਤਕਾਲੀ ਗ੍ਰਹਿ ਮੰਤਰੀ ਨੇ ਇਥੋਂ ਤੱਕ ਕਿਹਾ ਸੀ ਕਿ ਇਨ੍ਹਾਂ ਦੇ ਤਾਰ ਕਥਿਤ ਪਾਕਿਸਤਾਨ ਨਾਲ ਜੁੜੇ ਹੋਏ ਹਨ।

ਉਨ੍ਹਾਂ ਸੀਬੀਆਈ ਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਹੁਣ ਪੁਲੀਸ ਜਾਂਚ ਦੀ ਸੂਈ ਜਿਹੜੇ ਡੇਰਾ ਪ੍ਰੇਮੀਆਂ ਵੱਲ ਘੁੰਮੀ ਹੈ, ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਕਮੇਟੀ ਨੇ ਵੀ ਘੇਰੇ ਵਿੱਚ ਲਿਆਂਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ‘ਬਾਦਲਾਂ’ ਨੇ ਮਹਿਜ਼ ਵੋਟਾਂ ਖਾਤਰ ਡੇਰੇ ਨੂੰ ਕਲੀਨ ਚਿੱਟ ਦਿੱਤੀ ਸੀ ਅਤੇ ਡੇਰਾ ਪ੍ਰੇਮੀਆਂ ਨੂੰ ਫੜਨ ਦੀ ਬਜਾਏ ਮੌੜ ਬੰਬ ਕਾਂਡ ਬਾਰੇ ਸਿੱਖ ਆਗੂਆਂ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਉਨ੍ਹਾਂ ਨੂੰ 13 ਜੂਨ ਲਈ ਸੰਮਨ ਭੇਜੇ ਹਨ, ਜਿਸ ਲਈ ਉਹ ਜਾ ਕੇ ਆਪਣਾ ਪੱਖ ਰੱਖਣਗੇ।

ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਫੜਿਆ ਜਾਵੇ ਅਤੇ ਝੂਠੇ ਪਰਚੇ ਰੱਦ ਕੀਤੇ ਜਾਣ। ਸਿੱਖ ਆਗੂਆ ਨੇ ਐਲਾਨ ਕੀਤਾ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ, ਤਾਂ ਉਹ ਭਾਈ ਧਿਆਨ ਸਿੰਘ ਮੰਡ ਦੇ ਹੁਕਮਾਂ ਮੁਤਾਬਕ ਚੱਲਣਗੇ। ਉਨ੍ਹਾਂ ਸਿੱਖ ਸੰਗਤ ਸਮੇਤ ਇੰਨਸਾਫ ਪਸੰਦ ਪਾਰਟੀਆਂ ਨੂੰ ਬਰਗਾੜੀ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ ਅਰਾਈਆਂ ਵਾਲਾ, ਸਤੰਤਰ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸੋਹਲੀ, ਸੰਤ ਸਮਾਜ ਦੇ ਆਗੂ ਚਮਕੌਰ ਸਿੰਘ ਭਾਈ ਰੂਪਾ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,