Site icon Sikh Siyasat News

ਹਰੇਕ ਸਿੱਖ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਕਰੇ ਸਿਮਰਨ: ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਜੀ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ “ਸੂਬਾ ਸਰਹਿੰਦ ਦੇ ਨਵਾਬ ਵਜ਼ੀਰ ਖਾਨ ਵੱਲੋਂ ਪੋਹ ਮਹੀਨੇ ਦੀ ਹੱਡ ਚੀਰਵੀਂ ਕੜਕਦੀ ਠੰਡ ਵਿਚ ਸਰਬੰਸ-ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ‘ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ’ ਨੂੰ ਠੰਡੇ ਬੁਰਜ ਵਿੱਚ ਕੈਦ ਕਰਕੇ ਰੱਖਿਆ ਗਿਆ ਸੀ ਤੇ ਉਸ ਵੱਲੋਂ ਜਾਰੀ ਕੀਤੇ ਫ਼ਤਵੇ ਉਪਰੰਤ 13 ਪੋਹ ਨੂੰ ਕਲਗੀਧਰ ਪਾਤਸ਼ਾਹ ਦੇ ਲਖਤੇ ਜ਼ਿਗਰ ‘ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ’ ਨੂੰ ਜਲਾਦਾ ਵੱਲੋਂ ਸਰਹਿੰਦ ਵਿਖੇ ਸ਼ਹੀਦ ਕੀਤਾ ਗਿਆ। ਇਸ ਲਾਸਾਨੀ ਸ਼ਹਾਦਤ ਨੇ ਸਿੱਖ ਕੌਮ ਅੰਦਰ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ। ਹਰ ਸਾਲ ਦੇ ਵਾਂਗ ਇਸ ਸਾਲ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 28 ਦਸੰਬਰ ਨੂੰ ਸ਼ਹੀਦੀ ਸਭਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦੇਸ-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਪਾਵਨ ਪਵਿੱਤਰ ਅਸਥਾਨ ਤੇ ਨਤਮਸਤਕ ਹੋਣ ਲਈ ਪੁੱਜਦੀਆ ਹਨ।

ਇਸ ਲਾਸਾਨੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਅਤੇ ਹਰੇਕ ਮਾਈ ਭਾਈ  28 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਦਸ ਮਿੰਟ “ਵਾਹਿਗੁਰੂ” ਸ਼ਬਦ ਦਾ ਸਿਮਰਨ ਕਰਨ ਦਾ ਉਪਰਾਲਾ ਕਰੇ, ਅਤੇ ਆਪਣੇ ਬੱਚੇ-ਬੱਚੀਆਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਅਜਿਹੇ ਸ਼ਹੀਦੀ ਦਿਹਾੜਿਆਂ ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂੰ ਕਰਵਾਉਣ ਤਾਂ ਕਿ ਉਹ ਨਸ਼ਿਆਂ ਤੇ ਪੱਤਿਤ-ਪੁਣੇ ਦਾ ਤਿਆਗ ਕਰਕੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਹੋਣ। ਇਹ ਹੀ ਉਹਨਾਂ ਮਹਾਨ ਸ਼ਹੀਦਾਂ ਨੂੰ ਸੱਚੀ-ਸੁੱਚੀ ਸਰਧਾਂਜਲੀ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version