November 21, 2022 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਨ ਸਬੰਧੀ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਲਗਾਤਾਰ ਮਤੇ ਪੈਣੇ ਸ਼ੁਰੂ ਹੋ ਗਏ ਹਨ। ਜਿਸ ਵਿੱਚ ਇਸ ਫਿਲਮ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਇਹ ਫਿਲਮ ਆਉਂਦੀ 2 ਤਰੀਕ ਨੂੰ ਜਾਰੀ ਹੋਣ ਜਾ ਰਹੀ ਹੈ। ਜਿਕਰਯੋਗ ਹੈ ਕਿ ਸੰਗਤ ਦੇ ਲਗਾਤਾਰ ਵਿਰੋਧ ਦੇ ਬਾਵਜੂਦ ਵੀ ਅਜਿਹੀਆਂ ਫ਼ਿਲਮਾਂ ਬਣ ਰਹੀਆਂ ਹਨ, ਕਈ ਦਫ਼ਾ ਸੰਗਤ ਅਜਿਹੀਆਂ ਫ਼ਿਲਮਾਂ ਬੰਦ ਕਰਵਾਉਣ ’ਚ ਕਾਮਯਾਬ ਵੀ ਰਹੀ ਹੈ।
ਬੀਤੇ ਦਿਨੀਂ ‘ਸਿੱਖ ਜਥਾ ਮਾਲਵਾ’ ਵੱਲੋਂ ਇਸ ਸਬੰਧੀ ਮਤਾ ਪਾਇਆ ਗਿਆ ਜਿਸ ਵਿੱਚ ਕਿਹਾ ਗਿਆ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ, ਸਵਾਂਗ ਰਚਣ ਅਤੇ ਗੁਰੂ ਬਿੰਬ ਦੀ ਪੇਸ਼ਕਾਰੀ/ਪਰਦੇਕਾਰੀ ਦੀ ਸਖਤ ਮਨਾਹੀ ਹੈ।
ਸਾਲ 2005 ਵਿਚ ਆਈ ਕਾਰਟੂਨ ਫਿਲਮ ‘ਸਾਹਿਬਜ਼ਾਦੇ’ ਤਕਨੀਕ ਦੇ ਬਹਾਨੇ ਇਸ ਕੁਰਾਹੇ ਵੱਲ ਪੁੱਟਿਆ ਗਿਆ ਕਦਮ ਗੈਰ ਸਿਧਾਂਤਕ ਸੀ। ਜਿਸ ਤੋਂ ਬਾਅਦ ਗੈਰ ਸਿਧਾਂਤਕ ਫ਼ਿਲਮਾਂ ਦੀ ਲੜੀ ਲੱਗ ਗਈ, ਜਿਹਨਾਂ ਵਿਚ ਚਾਰ ਸਾਹਿਬਜ਼ਾਦੇ, ਭਾਈ ਮੂਲਾ ਖੱਤਰੀ, ਭਾਈ ਤਾਰੂ ਸਿੰਘ, ਨਾਨਕ ਸ਼ਾਹ ਫਕੀਰ, ਦਾਸਤਾਨ-ਏ-ਮੀਰੀ ਪੀਰੀ, ਮਦਰਹੁੱਡ ਵਰਗੀਆਂ ਫਿਲਮਾਂ ਸ਼ਾਮਲ ਹਨ। ਹੁਣ ‘ਦਾਸਤਾਨ-ਏ-ਸਰਹਿੰਦ’ ਨਾਮੀ ਫਿਲਮ ਇਸ ਸਿਧਾਂਤਕ ਕੁਰਾਹੇ ਦਾ ਅਗਲਾ ਪੜਾਅ ਲੈ ਕੇ ਆਈ ਹੈ। ਫਿਲਮ ਦੇ ਪ੍ਰਸ਼ੰਸਕਾਂ ਵੱਲੋਂ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਫਿਲਮ ਵਿੱਚ ਮਾਸੂਮ ਬਾਲ ਅਦਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ ਨਕਲਾਂ ਲਾਹੁਣ ਦਾ ਬੱਜਰ ਗੁਨਾਹ ਕੀਤਾ ਗਿਆ ਹੈ। ਮਤੇ ਵਿੱਚ ਕਿਹਾ ਗਿਆ ਕਿ ਅਸੀਂ ਗੁਰ-ਸ਼ਬਦ ਅਤੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਦੇ ਹਾਮੀ ਹਾਂ ਪਰ ਅਸੀਂ ਇਹ ਗੱਲ ਬਿਲਕੁਲ ਸਪੱਸ਼ਟਤਾ ਨਾਲ ਕਹਿਣੀ ਚਾਹੁੰਦੇ ਹਾਂ ਕਿ ਪ੍ਰਚਾਰ-ਪ੍ਰਸਾਰ ਦੇ ਬਹਾਨੇ ਖਾਲਸਾਈ ਰਵਾਇਤਾਂ ਦੀ ਉਲੰਘਣਾ ਕਰਨੀ ਅਤੇ ਸਿੱਖਾਂ ਨੂੰ ਬੁੱਤ-ਪ੍ਰਸਤੀ ਦੇ ਕੁਰਾਹੇ ਉੱਪਰ ਤੋਰਨਾ ਸਰਾਸਰ ਗਲਤ ਹੈ ਅਤੇ ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ। ਉਹਨਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਬੇਨਤੀ ਕੀਤੀ ਹੈ ਕਿ ਇਸ ਸਿਧਾਂਤਕ ਕੁਰਾਹੇ ਨੂੰ ਪੱਕੀ ਠੱਲ੍ਹ ਪਾਉਣ ਲਈ ‘ਦਾਸਤਾਨ-ਏ-ਸਰਹਿੰਦ’ ਫਿਲਮ ‘ਤੇ ਤੁਰੰਤ ਰੋਕ ਲਾਈ ਜਾਵੇ ਅਤੇ ਅਗਾਂਹ ਤੋਂ ਅਜਿਹੀਆਂ ਫਿਲਮਾਂ ਬਣਾਉਣ ‘ਤੇ ਮੁਕੰਮਲ ਪਾਬੰਦੀ ਲਈ ਹੁਕਮਨਾਮਾ ਜਾਰੀ ਕੀਤਾ ਜਾਵੇ।
ਇਸੇ ਤਰ੍ਹਾਂ ਹੁਣ ਵੱਖ-ਵੱਖ ਪਿੰਡਾਂ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਮਤੇ ਪਾਏ ਜਾ ਰਹੇ ਹਨ। ਲੰਘੇ ਦਿਨੀਂ ਸੰਗਰੂਰ ਦੇ ਪਿੰਡ ਦੁੱਗਾਂ, ਸੂਲਰ, ਖਡਿਆਲ, ਮਹਿਲਾਂ ਚੌਂਕ, ਭੱਟੀਵਾਲ ਕਲਾਂ, ਸੰਗਰੂਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਨਾਭਾ ਦੇ ਪਿੰਡ ਸ਼ਾਹਪੁਰ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਮਤੇ ਪਾਏ ਗਏ ਹਨ। ਇਸ ਦੇ ਨਾਲ ਹੀ ਮਾਨਵਤਾ ਦੀ ਸੇਵਾ ਸੰਸਥਾ ਪਿੰਡ ਢੰਢੋਲੀ ਖੁਰਦ ਅਤੇ ਜੰਡਸਰ ਗੱਤਕਾ ਅਖਾੜਾ ਪਿੰਡ ਖਡਿਆਲ ਵੱਲੋਂ ਵੀ ਅਜਿਹਾ ਹੀ ਮਤਾ ਪਾਇਆ ਗਿਆ ਹੈ ਜਿਸ ਵਿੱਚ ‘ਦਾਸਤਾਨ-ਏ-ਸਰਹਿੰਦ’ ਫਿਲਮ ਨੂੰ ਬਿਨ੍ਹਾਂ ਦੇਰੀ ਕੀਤਿਆਂ ਵਾਪਸ ਲੈਣ ਲਈ ਕਿਹਾ ਗਿਆ ਹੈ।
ਇਸ ਸਿਧਾਂਤਕ ਕੁਰਾਹੇ ਸਬੰਧੀ ਸੰਗਤ ਆਪਣਾ ਵਿਰੋਧ ਦਰਜ ਕਰਵਾ ਰਹੀ ਹੈ ਅਤੇ ਸੰਗਤ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ ਪਰ ਅਜੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਆਇਆ।
ਫਿਲਮ ਦਾ ਵਿਰੋਧ ਕਰ ਰਹੀ ਸੰਗਤ ਕਹਿ ਰਹੀ ਹੈ ਕਿ ਜੇਕਰ ਇਸ ਵਿਰੋਧ ਦੇ ਬਾਵਜੂਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਇਹ ਇਤਿਹਾਸ ਦਾ ਸਭ ਤੋਂ ਭਿਆਨਕ ਸਮਾਂ ਸਿੱਧ ਹੋਵੇਗਾ ਜਿਸ ਦੌਰਾਨ ਇਹਨਾਂ ਸੰਸਥਾਵਾਂ ਵੱਲੋਂ ਵੱਟੀ ਚੁੱਪ ਦੇ ਖਤਰਨਾਕ ਨਤੀਜੇ ਸਾਡੀਆਂ ਆਉਂਦੀਆਂ ਪੀੜੀਆਂ ਭੁਗਤਣਗੀਆਂ।
ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਤੁਰੰਤ ਬੰਦ ਕਰਨ ਸਬੰਧੀ ਸੰਗਰੂਰ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬਾਨਾਂ ਦੁਆਰਾ ਪਾਏ ਗਏ ਮਤੇ
316039237_441523318172817_1037073493684025148_n
Related Topics: Stop Animation or Cartoon Movies on Sikh Gurus, Stop Dastan E-Sirhind