ਸਿਆਸੀ ਖਬਰਾਂ » ਸਿੱਖ ਖਬਰਾਂ

ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਦਿੱਤਾ ਅਸਤੀਫਾ

October 19, 2015 | By

ਅਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਅਕਾਲੀ ਸਰਕਾਰ ਦੇ ਹੁੰਦਿਆਂ ਜਗ੍ਹਾ ਜਗ੍ਹਾ ਤੇ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰਿ.ਸੁਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।

ਸੁਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਅਸਤੀਫਾ

ਸੁਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਅਸਤੀਫਾ

ਸਿੱਖ ਸਿਆਸਤ ਨਾਲ ਗੱਲ ਕਰਦਿਆਂ ਪ੍ਰਿ.ਸੁਰਿੰਦਰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅਕਾਲੀ ਸਰਕਾਰ ਦੇ ਹੁੰਦਿਆਂ ਪੰਜਾਬ ਵਿੱਚ ਜਗ੍ਹਾ ਜਗ੍ਹਾ ਤੇ ਗੁਰੂ ਗ੍ਰੰਥ ਸਾਜਿਬ ਜੀ ਦੀ ਬੇਅਦਬੀ ਹੋ ਰਹੀ ਹੈ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੁਲਿਸ ਵੱਲੋਂ ਗੋਲੀ ਚਲਾਈ ਗਈ ਜਿਸ ਵਿੱਚ ਦੋ ਸਿੰਘ ਸ਼ਹੀਦ ਵੀ ਹੋ ਗਏ, ਉਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।ਇਸ ਲਈ ਉਹ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਰਹੇ ਹਨ।ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਤੇ ਪੁੱਛਣ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਪਾਰਟੀ ਹੈ ਜਿਸ ਦਾ ਉਨ੍ਹਾਂ ਦਾ ਪਰਿਵਾਰ ਪੁਛਤਾਂ ਤੋਂ ਮੈਂਬਰ ਹੈ।ਉਨ੍ਹਾਂ ਕਿਹਾ ਕਿ ਭਾਂਵੇ ਅੱਜ ਅਕਾਲੀ ਦਲ ਦੀ ਅਗਵਾਈ ਗਲਤ ਹੱਥਾਂ ਵਿੱਚ ਚਲੀ ਗਈ ਹੈ ਪਰ ਹੁਣ ਸਮਾਂ ਹੈ ਕਿ ਕੌਮ ਸੁਚੱਜੇ ਪੰਥਕ ਆਗੂਆਂ ਦੀ ਪਛਾਣ ਕਰਕੇ ਅਕਾਲ ਤਖਤ ਸਾਹਿਬ ਨੂੰ ਗਲਤ ਹੱਥਾਂ ਤੋਂ ਅਜਾਦ ਕਰਵਾਵੇ।

ਐਸ.ਜੀ.ਪੀ.ਸੀ ਦੇ ਪ੍ਰਧਾਨ ਨੂੰ ਭੇਜੇ ਅਸਤੀਫੇ ਵਿੱਚ ਉਨ੍ਹਾਂ ਨੇ ਲਿਖਿਆ ਕਿ “ਤਖਤ ਸਾਹਿਬਾਨ ਤੇ ਯੋਗ ਵਿਅਕਤੀ ਨਿਯੁਕਤ ਨਾ ਕਰਨੇ ਤੇ ਇਹਨਾਂ ਜਿੰਮੇਵਾਰ ਸਖਸ਼ੀਅਤਾਂ ਵੱਲੋਂ ਸ਼ਬਦ ਗੁਰੂ ਦੇ ਮੁਕਾਬਲੇ ਤੇ ਦੇਹਧਾਰੀ ਗੁਰੂ ਡੰਮ ਅਤੇ ਪਖੰਡੀ ਸਾਧਾਂ ਸੰਤਾਂ ਦੇ ਡੇਰਿਆਂ ਵਿੱਚ ਜਾ ਕੇ ਸਿੱਖੀ ਸਿਧਾਂਤਾਂ ਦੀਆਂ ਧੱਜੀਆਂ ਉਡਾਉਣਾ ਨਿੰਦਣਯੋਗ ਕਾਰਵਾਈ ਹੈ।ਉਪਰੋਕਤ ਖਾਮੀਆਂ ਸੰਬੰਧੀ ਮੈ ਪਿਛਲੇ ਚਾਰ ਸਾਲਾਂ ਤੋਂ ਮੀਡੀਏ ਰਾਹੀਂ ਪੰਥਕ ਆਗੂਆਂ ਨੂੰ ਨਿਡਰ ਹੋ ਕੇ ਸੁਚੇਤ ਕਰਦਾ ਰਿਹਾ ਹਾਂ ਪਰ ਕਿਸੇ ਜਿੰਮੇਵਾਰ ਆਗੂ ਨੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਅਤੇ ਸਭ ਤੋਂ ਦੁਖਦਾਈ ਗੱਲ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਾਰ ਵਾਰ ਹੋ ਰਹੀ ਬੇਅਦਬੀ ਜੋ ਬਰਦਾਸ਼ਤ ਨਾ-ਕਰਨਯੋਗ ਹੈ, ਜਿਸ ਦੇ ਰੋਸ ਵਜੋਂ ਮੈਂ ਸ਼੍ਰੋ.ਗੁ.ਪ੍ਰ.ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਰਿਹਾ ਹਾਂ।”

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,