ਸਿਆਸੀ ਖਬਰਾਂ

ਐਸਵਾਈਐਲ: ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਕੀਤੀ ਮੁਲਾਕਾਤ

By ਸਿੱਖ ਸਿਆਸਤ ਬਿਊਰੋ

July 08, 2017

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਉਮਾ ਭਾਰਤੀ ਨਾਲ ਮੀਟਿੰਗ ਦੌਰਾਨ ਦਰਿਆਈ ਪਾਣੀਆਂ ਬਾਰੇ ਸੂਬੇ ਦਾ ਪੱਖ ਰੱਖਿਆ ਤੇ ਕੁਝ ਹੋਰ ਮਾਮਲਿਆਂ ਬਾਰੇ ਵੀ ਗੱਲਬਾਤ ਕੀਤੀ। ਮੀਟਿੰਗ ਵਿੱਚ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

ਪ੍ਰਾਪਤ ਜਾਣਕਾਰੀ ਮੁਤਾਬਕ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਹੋਰ ਅਧਿਕਾਰੀਆਂ ਸਮੇਤ ਜਲ ਸਰੋਤਾਂ ਬਾਰੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿੱਚ ਐਸ.ਵਾਈ.ਐਲ. ਦੇ ਕੇਸ ਦੀ ਸੁਪਰੀਮ ਕੋਰਟ ਵਿੱਚ 11 ਜੁਲਾਈ ਨੂੰ ਹੋਣ ਵਾਲੀ ਸੁਣਵਾਈ ਬਾਰੇ ਗੱਲਬਾਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਦੱਸਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ ਤੇ ਸੁਪਰੀਮ ਕੋਰਟ ਵਿੱਚ ਪੇਸ਼ੀ ਤੋਂ ਪਹਿਲਾਂ ਦੋਵਾਂ ਸੂਬਿਆਂ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਮੀਟਿੰਗ ਹੋਵੇਗੀ, ਜਿਸ ਵਿੱਚ ਦਰਿਆਈ ਪਾਣੀਆਂ ਦੇ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਬਾਰੇ ਵਿਚਾਰ ਕੀਤੀ ਜਾਵੇਗੀ।

ਅਮਰਿੰਦਰ ਸਿੰਘ ਦੀ ਅੱਜ (8 ਜੁਲਾਈ ਨੂੰ) ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਹੋ ਸਕਦੀ ਹੈ, ਜਿਸ ਵਿੱਚ ਪੰਜਾਬ ਵਜ਼ਾਰਤ ਵਿੱਚ ਵਾਧੇ ਸਮੇਤ ਕੁਝ ਹੋਰ ਮਸਲਿਆਂ ਬਾਰੇ ਚਰਚਾ ਹੋਵੇਗੀ। ਕੈਪਟਨ ਨੇ ਪਹਿਲਾਂ ਦਸ ਜੁਲਾਈ ਤੱਕ ਦਿੱਲੀ ਰਹਿਣਾ ਸੀ ਪਰ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰ ਦੇ 9 ਜੁਲਾਈ ਨੂੰ ਚੰਡੀਗੜ੍ਹ ਆਉਣ ਦੇ ਪ੍ਰੋਗਰਾਮ ਕਾਰਨ ਉਹ 9 ਜੁਲਾਈ ਨੂੰ ਚੰਡੀਗੜ੍ਹ ਪੁੱਜ ਜਾਣਗੇ।

ਸਬੰਧਤ ਖ਼ਬਰ: ਪੰਜਾਬ ਦੇ ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: