
ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਜਥੇਬੰਦੀ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ, ਬੁਲਾਰੇ ਸਤਵਿੰਦਰ ਸਿੰਘ, ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪ੍ਰਚਾਰ ਸਕੱਤਰ ਕਾਬਲ ਸਿੰਘ ਅਤੇ ਪੀ.ਐਚ.ਆਰ.ਓ. ਦੇ ਪ੍ਰਧਾਨ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਦੇ ਦਸਤਖਤਾਂ ਨਾਲ ਇਕ ਪ੍ਰੈਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਜਥੇਬੰਦੀ ਵਲੋਂ ਭਾਰਤ ਦੀ ਸੁਪਰੀਮ ਕੋਰਟ ਦੇ ਮੁੱਖ ਜੱਜ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿਚ ਜਥੇਬੰਦੀ ਵਲੋਂ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਵਾਪਰੀਆਂ ਘਟਨਾਵਾਂ ਵਿਚ 36 ਲੋਕਾਂ ਦੇ ਮਾਰੇ ਜਾਣ ਅਤੇ 140 ਤੋਂ ਵੱਧ ਜ਼ਖਮੀ ਹੋਣ ਦੀ ਗੱਲ ਕਹੀ ਗਈ ਹੈ।
ਕਸ਼ਮੀਰ ਦੇ ਨੌਜਵਾਨ ਆਗੂ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਰੋਸ਼ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵਲੋਂ ਕੀਤੀ ਕਾਰਵਾਈ ਵਿਚ ਹੁਣ ਤਕ 36 ਤੋਂ ਵੱਧ ਲੋਕ ਮਾਰੇ ਜਾ ਚੁਕੇ ਹਨ ਅਤੇ ਕਰੀਬ ਡੇਢ ਹਜ਼ਾਰ ਦੇ ਕਰੀਬ ਫੱਟੜ ਹੋਏ ਹਨ। ਇਨ੍ਹਾਂ ਜ਼ਖਮੀਆਂ ਵਿਚੋਂ 50 ਤੋਂ ਵੱਧ ਲੋਕਾਂ ਦੀਆਂ ਅੱਖਾਂ ਵਿਚ ਸੱਟਾਂ ਲੱਗੀਆਂ ਹਨ। ਡਾਕਟਰਾਂ ਮੁਤਾਬਕ ਇਨ੍ਹਾਂ ਵਿਚੋਂ ਬਹੁਤਿਆਂ ਦੀਆਂ ਅੱਖਾਂ ਦੀ ਰੋਸ਼ਨੀ ਚਲੀ ਗਈ ਹੈ।