ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੇਵਲ ਦਸ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨਾਲ ਪ੍ਰਮੁੱਖ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਰਸਮ ਪੂਰੀ ਹੋ ਗਈ ਹੈ। ਇਨ੍ਹਾਂ ਸਾਰੇ ਚੋਣ ਮਨੋਰਥ ਪੱਤਰਾਂ ਵਿੱਚ ਖੇਤੀ, ਕਿਸਾਨੀ, ਬੇਰੁਜ਼ਗਾਰੀ, ਨਸ਼ਿਆਂ ਵਰਗੇ ਅਹਿਮ ਮੁੱਦਿਆਂ ਬਾਰੇ ਬੁਨਿਆਦੀ ਨੀਤੀਗਤ ਫ਼ੈਸਲਿਆਂ ਦੀ ਝਲਕ ਦੀ ਥਾਂ ਵੱਖ-ਵੱਖ ਵਰਗਾਂ ਨੂੰ ‘ਤੋਹਫ਼ੇ’ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ।
ਚੋਣਾਂ ਆਉਂਦਿਆਂ ਹੀ ਸਿਆਸੀ ਪਾਰਟੀਆਂ ਵੋਟਰਾਂ ਲਈ ਅਸਮਾਨੋਂ ਤਾਰੇ ਤੋੜ ਲਿਆਉਣ ਤੱਕ ਦੇ ਵਾਅਦੇ ਕਰਦੀਆਂ ਹਨ ਅਤੇ ਵੋਟ ਹਾਸਲ ਕਰਕੇ ਇਨ੍ਹਾਂ ਵਿੱਚੋਂ ਬਹੁਤੇ ਵਿਸਾਰ ਦਿੱਤੇ ਜਾਂਦੇ ਹਨ। ਇਸੇ ਕਾਰਨ ਇਸ ਵਾਰ ਚੋਣ ਮਨੋਰਥ ਪੱਤਰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉੱਠ ਰਹੀ ਹੈ। ਸਰਕਾਰਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਤਾਂ ਖੂਬ ਕੀਤਾ ਜਾਂਦਾ ਹੈ ਪਰ ਜੋ ਨਹੀਂ ਕਰ ਪਾਏ ਉਸ ਬਾਰੇ ਵੋਟਰਾਂ ਸਾਹਮਣੇ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਨਹੀਂ ਕਰਦੀਆਂ।