ਪੰਜਾਬ ’ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਏ ਰਾਜਸੀਕਰਨ ਨਾਲ ਸਿੱਝਣ ਲਈ ਚੋਣ ਕਮਿਸ਼ਨ ਨੇ ਇਸ ਵਾਰ ਅਧਿਕਾਰੀਆਂ ਦੀ ਤਾਇਨਾਤੀ ਲਈ ਨਵੀਂ ਰਣਨੀਤੀ ਅਖਤਿਆਰ ਕੀਤੀ ਹੈ। ਇਸ ਰਣਨੀਤੀ ਤਹਿਤ ਰਾਜ ਸਰਕਾਰ ਤੋਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਜਾਂ ਹੋਰ ਅਧਿਕਾਰੀਆਂ ਦੀ ਤਾਇਨਾਤੀ ਲਈ ਪੈਨਲ ਨਹੀਂ ਮੰਗਿਆ ਜਾਂਦਾ ਸਗੋਂ ਸਿੱਧੇ ਤੌਰ ’ਤੇ ਤਾਇਨਾਤੀ ਦੇ ਹੁਕਮ ਦਿੱਤੇ ਜਾਂਦੇ ਹਨ। ਕਮਿਸ਼ਨ ਨੇ ਪਿਛਲੇ ਦੋ ਦਿਨਾਂ ਦੌਰਾਨ ਡਿਪਟੀ ਕਮਿਸ਼ਨਰਾਂ, ਆਈਜੀਜ਼ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਤਾਇਨਾਤੀ ਦੇ ਮਾਮਲੇ ਵਿੱਚ ਇਹੋ ਰਣਨੀਤੀ ਅਮਲ ਵਿੱਚ ਲਿਆਂਦੀ ਹੈ। ਕਮਿਸ਼ਨ ਦੀ ਇਸ ਰਣਨੀਤੀ ਨੇ ਸਰਕਾਰ ਦੀ ਪੈਨਲ ਰਾਹੀਂ ਚਹੇਤੇ ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਤਾਇਨਾਤੀ ਲਈ ਬਣਾਈ ਵਿਉਂਤਬੰਦੀ ਫੇਲ੍ਹ ਕਰ ਦਿੱਤੀ ਹੈ।