ਚੰਡੀਗੜ੍ਹ: ਸਿੱਖ ਕੌਮ ਦੇ ਰੋਹ ਦਾ ਸਿਕਾਰ ਬਣ ਰਹੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਥਿਤੀ ਵਿੱਚੋਂ ਨਿਕਲਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ "ਹਿੰਦੁਸਤਾਨ ਟਾਈਮਜ਼ ਅਖਬਾਰ" ਦੀ ਵੈਬਸਾਈਟ ਤੇ ਪ੍ਰਕਾਸ਼ਿਤ ਹੋਈ ਖਬਰ ਅਨੁਸਾਰ ਸ੍ਰੋਮਣੀ ਕਮੇਟੀ ਵੱਲੋਂ ਗਲਤ ਫੈਂਸਲਿਆਂ ਕਾਰਨ ਸਿਖ ਰੋਹ ਦਾ ਸ਼ਿਕਾਰ ਹੋ ਰਹੇ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ "ਭਾਈ ਸਾਹਿਬ" ਦੇ ਖਿਤਾਬ ਨਾਲ ਨਿਵਾਜੇ ਜਾ ਚੁੱਕੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਨੂੰ ਜਥੇਦਾਰ ਬਣਾਉਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੌਦਾ ਸਾਧ ਨੂੰ ਜਾਰੀ ਕੀਤੇ ਮਾਫੀਨਾਮੇ ਅਤੇ ਪੰਜਾਬ ਵਿੱਚ ਵਾਪਰੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਪੁਲਿਸ ਦੀਆਂ ਗੋਲੀਆਂ ਨਾਲ ਦੋ ਸਿੰਘਾਂ ਦੀ ਸ਼ਹੀਦੀ ਅਤੇ ਅਸਲ ਦੋਸ਼ੀਆਂ ਦੀ ਜਗਾ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਬਾਦਲ ਦਲ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਖਿਲਾਫ ਜੋ ਵੀ ਬੋਲਦਾ ਹੈ, ਉਸ ਵਿਰੁੱਧ (ਜੋ ਉਨ੍ਹਾਂ ਦੀ ਮਾਰ ਹੇਠ ਆ ਸਕਦਾ ਹੈ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਆਪਣੇ ਤਾਨਾਸ਼ਾਹੀ ਰਵੱਈਏ ਮੁਤਾਬਿਕ ਕਾਰਵਾਈ ਕਰਨਾ ਨਹੀਂ ਭੁੱਲਦੇ।