
ਪੰਜਾਬੀ ਸੂਬੇ ਦੇ ਪੰਜਾਹ ਸਾਲ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੇ ਵਿਰੋਧ ਤੇ ਹੁਣ ਜਸ਼ਨ ਮਨਾਉਣ ਤੱਕ ਦਾ 'ਅਨੋਖਾ' ਸਫ਼ਰ ਹਨ। ਭਾਸ਼ਾ ਦੇ ਆਧਾਰ ਉੱਤੇ ਪੰਜਾਬੀ ਸੂਬੇ ਦਾ ਹਿੰਦੀ ਬਚਾਓ ਅਤੇ ਮਹਾਂ ਪੰਜਾਬ ਦੇ ਨਾਅਰੇ ਨਾਲ ਵਿਰੋਧ ਕਰਦੀ ਰਹੀ ਭਾਜਪਾ (ਤਤਕਾਲੀ ਜਨਸੰਘ) ਅਤੇ ਪੰਜਾਬ ਪੁਨਰਗਠਨ ਕਾਨੂੰਨ 1966 ਤਹਿਤ ਬਣੇ ਪੰਜਾਬੀ ਸੂਬੇ ਦੀ ਬਣਤਰ ਖ਼ਿਲਾਫ਼ ਅੰਦੋਲਨ ਕਰਨ ਵਾਲਾ ਅਕਾਲੀ ਦਲ ਹੁਣ ਵੱਡੇ ਪੱਧਰ 'ਤੇ ਪੰਜਾਬੀ ਸੂਬੇ ਦੀ ਸਥਾਪਨਾ ਸਬੰਧੀ ਜਸ਼ਨ ਮਨਾ ਰਹੇ ਹਨ।
50 ਸਾਲ ਪਹਿਲਾਂ ਬਣੇ ਪੰਜਾਬੀ ਸੂਬੇ ਦੀਆਂ ਅਹਿਮ ਮੱਦਾਂ ਨੂੰ ਅਖੋਂ ਪਰੋਖੇ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਦਿਆਂ ਬਾਦਲ ਦਲ ਦੇ ਆਗੂਆਂ ਨੇ ਅੱਜ ਪੰਜਾਬ ਦੀਆਂ ਹੱਕੀ ਮੰਗਾਂ ਲਈ ਸ਼ਹਾਦਤ ਦੇਣ ਵਾਲੇ ਸ. ਦਰਸ਼ਨ ਸਿੰਘ ਫੇਰੂਮਾਨ ਦੇ ਯਾਦਗਾਰੀ ਸਮਾਗਮ ਮੌਕੇ ਦਸਤਕ ਦਿੱਤੀ। ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ਸਥਿਤ ਕਸਬਾ ਰਈਆ ਤੋਂ 10 ਕਿਲੋਮੀਟਰ ਦੂਰ ਪੈਂਦੇ ਪਿੰਡ ਫੇਰੂਮਾਨ ਵਿਖੇ ਅੱਜ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ 47ਵੀਂ ਬਰਸੀ ਦੇ ਸਬੰਧ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ।