ਆਮ ਖਬਰਾਂ » ਖੇਤੀਬਾੜੀ » ਸਿਆਸੀ ਖਬਰਾਂ

ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਮਾਨਸਾ, ਬਠਿੰਡਾ ਤੋਂ ਬਾਅਦ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ

September 9, 2017 | By

ਚੰਡੀਗੜ: ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਬਾਰੇ ਅੰਕੜੇ ਇਕੱਠੇ ਕਰਨ ਲਈ ਬਣਾਈ ਪੰਜਾਬ ਵਿਧਾਨ ਸਭਾ ਕਮੇਟੀ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨ ਦੌਰਾਨ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ।ਕਮੇਟੀ ਦੀ ਅਗਵਾਈ ਵਿਧਾਇਕ ਸੁਖਬਿੰਦਰ ਸਰਕਾਰੀਆ ਨੇ ਕੀਤੀ।

ਸੁੱਖ ਸਰਕਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਬਾਰੇ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਦਾ ਢੁਕਵਾਂ ਹੱਲ ਕੱਢਣ ਲਈ ਹਰੇਕ ਪੀੜਤ ਪਰਿਵਾਰ ਦੇ ਘਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਜ਼ਿਲ੍ਹਾ ਬਰਨਾਲਾ ਦੇ ਇਕ ਪਿੰਡ ਵਿੱਚ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਕਮੇਟੀ ਦੇ ਮੈਂਬਰ।

ਜ਼ਿਲ੍ਹਾ ਬਰਨਾਲਾ ਦੇ ਇਕ ਪਿੰਡ ਵਿੱਚ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਕਮੇਟੀ ਦੇ ਮੈਂਬਰ।

ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਵਿਧਵਾਵਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਪੈਨਸ਼ਨ ਲਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਟੀਮ ਚਾਰ ਜ਼ਿਿਲ੍ਹਆਂ ਦਾ ਦੌਰਾ ਕਰ ਚੁੱਕੀ ਹੈ ਤੇ ਕਮੇਟੀ ਵੱਲੋਂ ਇਸ ਜਾਂਚ-ਪੜਤਾਲ ’ਤੇ ਆਧਾਰਤ ਰਿਪੋਰਟ ਤਿੰਨ ਮਹੀਨਿਆਂ ਵਿੱਚ ਵਿਧਾਨ ਸਭਾ ਨੂੰ ਸੌਂਪੀ ਜਾਵੇਗੀ। ਟੀਮ ਵਿੱਚ ਸ਼ਾਮਲ ਮੈਂਬਰਾਂ ਵਿਧਾਇਕ ਕੁਲਜੀਤ ਸਿੰਘ ਨਾਗਰਾ, ਨੱਥੂ ਰਾਮ, ਹਰਿੰਦਰਪਾਲ ਚੰਦੂਮਾਜਰਾ ਤੇ ਨਾਜਰ ਮਾਨਸ਼ਾਹੀਆ ਨੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਪਰਿਵਾਰਾਂ ਦੀ ਆਮਦਨ, ਕਰਜ਼ਿਆਂ ਸਬੰਧੀ ਸਥਿਤੀ, ਸਮੱਸਿਆਵਾਂ ਸਮੇਤ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਇਕੱਤਰ ਕੀਤੀ।

ਸਬੰਧਤ ਖ਼ਬਰ:  ਵਿਧਾਨ ਸਭਾ ਕਮੇਟੀ ਵੱਲੋਂ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦਾ ਦੌਰਾ ਮੁਕੰਮਲ, ਰਿਪੋਰਟ ਨਵੰਬਰ ਅਖੀਰ ਤੱਕ

ਉਧਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਲਾਂਡਰਾਂ ਨੇ ਮਾਨਸਾ ਵਿੱਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੂੰ ਆ ਰਹੀਆਂ ਔਕੜਾਂ ਬਾਰੇ ਜਾਣਕਾਰੀ ਲਈ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਣ ਦਾ ਜਾਇਜ਼ਾ ਲਿਆ। ਲਾਂਡਰਾਂ ਨੇ ਮੌਕੇ ’ਤੇ ਲੋੜਵੰਦ 45 ਔਰਤਾਂ ਦੇ ਵਿਧਵਾ ਪੈਨਸ਼ਨ ਦੇ ਫਾਰਮ ਭਰਵਾਏ।

ਸਬੰਧਤ ਖ਼ਬਰ:  ਕਿਸਾਨ ਖ਼ੁਦਕੁਸ਼ੀ :ਵਿਧਾਨ ਸਭਾ ਕਮੇਟੀ ਨੇ ਨਾ ਸੁਣੇ ਅਰਜ਼ੀਆਂ ਰੱਦ ਹੋਣ ਵਾਲੇ ਪਰਿਵਾਰਾਂ ਦੇੇ ਦੁਖੜੇ 

ਇਸ ਮੌਕੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਮਗਨਰੇਗਾ ਸਕੀਮਾਂ ਨਾਲ ਜੋੜ ਕੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਵੱਧ ਤੋਂ ਵੱਧ ਆਰਥਿਕ ਮਦਦ ਕੀਤੀ ਜਾ ਸਕੇ। ਇਸ ਮੌਕੇ ਐਸਡੀਐਮ ਮਾਨਸਾ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਕ ਰੁਹੇਲਾ, ਡਿਪਟੀ ਡਾਇਰੈਕਟਰ ਮਹਿਲਾ ਕਮਿਸ਼ਨ ਰਾਜਵਿੰਦਰ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਕੇਸ਼ ਵਾਲੀਆ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,