ਕੌਮਾਂਤਰੀ ਖਬਰਾਂ

ਸਿੱਖ ਕੋਆਰਡੀਨੇਸ਼ਨ ਕਮੇਟੀ(ਯੂਐਸਏ) ਵੱਲੋਂ ਖ਼ਾਲਸਾ ਸਾਜਨਾ ਦਿਵਸ ਦੀ ਛੁੱਟੀ ਖ਼ਤਮ ਕਰਨ ’ਤੇ ਕੈਪਟਨ ਸਰਕਾਰ ਦੀ ਨਿੰਦਾ

December 30, 2017 | By

ਚੰਡੀਗੜ: ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ ਦੀ ਪ੍ਰਵਾਨਿਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਛੁੱਟੀ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ , ਕੇਵਲ ਸਿੰਘ ਸਿੱਧੂ, ਹਰਜਿੰਦਰ ਸਿੰਘ, ਵੀਰ ਸਿੰਘ ਮਾਂਗਟ ਅਤੇ ਦਵਿੰਦਰ ਸਿੰਘ ਦਿਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਵਿਸਾਖੀ ਨੂੰ ‘ਵਰਲਡ ਸਿੱਖ ਡੇਅ’ ਵਜੋਂ ਮਾਨਤਾ ਦਿਵਾਉਣ ਲਈ ਆਰੰਭੇ ਕਾਰਜਾਂ ਨੂੰ ਬੂਰ ਪਿਆ ਹੈ। ਅਮਰੀਕਾ ਵਿੱਚ ਵਿਸਾਖੀ ਨੂੰ ‘ਅਮਰੀਕਾ ਸਿੱਖ ਡੇਅ’ ਵਜੋਂ ਮਾਨਤਾ ਮਿਲ ਚੁੱਕੀ ਹੈ। ਹੁਣ ਕਮੇਟੀ ਅਗਲੇਰੀ ਕਾਰਵਾਈ ਵਿੱਚ ਵਿਸ਼ਵ ਦੇ ਸਾਰੇ ਮੁਲਕਾਂ ਵਿੱਚ ਵਿਸਾਖੀ ਨੂੰ ਵਰਲਡ ਸਿੱਖ ਡੇਅ ਵਜੋਂ ਮਾਨਤਾ ਦਿਵਾਉਣ ਲਈ ਸਰਗਰਮ ਹੈ ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਵਿਸਾਖੀ ਦੀ ਛੁੱਟੀ ਬੰਦ ਕਰਨਾ ਮੰਦਭਾਗੀ ਕਾਰਵਾਈ ਹੈ, ਜਿਸ ਨਾਲ ਸਿੱਖਾਂ ਦੇ ਹਿਰਦਿਆਂ ’ਤੇ ਗਹਿਰੀ ਸੱਟ ਵੱਜੀ ਹੈ।

ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਜਾਰੀ ਕੀਤੀ ਛੁੱਟੀਆਂ ਦੀ ਸੂਚੀ ਵਿੱਚ ਤੁਰੰਤ ਸੋਧ ਕਰੇ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਦਿਹਾੜੇ ਦੀ ਪ੍ਰਵਾਨਿਤ ਛੁੱਟੀ ਬਹਾਲ ਕਰੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,