ਸਿੱਖ ਖਬਰਾਂ

ਭਾਈ ਜਿੰਦਾ-ਸੁੱਖਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਯਾਦ ਕੀਤਾ ਗਿਆ

By ਸਿੱਖ ਸਿਆਸਤ ਬਿਊਰੋ

October 09, 2016

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।

ਸ਼ਹੀਦਾਂ ਦੇ ਇਸ ਯਾਦਗਾਰੀ ਸਮਾਗਮ ਵਿੱਚ ਦਲ ਖਾਲਸਾ ਦੇ ਭਾਈ ਕੰਵਰਪਾਲ ਸਿੰਘ, ਜਥੇਦਾਰ ਬਲਦੇਵ ਸਿੰਘ ਸਿਰਸਾ, ਸਿੱਖ ਯੂਥ ਆਫ ਪੰਜਾਬ ਦੇ ਸ. ਗਗਨਦੀਪ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਦਿਹਾਤੀ ਪ੍ਰਧਾਨ ਭਾਈ ਅਮਰੀਕ ਸਿੰਘ ਨੰਗਲ, ਸ. ਸਤਨਾਮ ਸਿੰਘ ਕਾਹਲੋਂ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਭਾਈ ਸੁਖਵਿੰਦਰ ਸਿੰਘ ਨਾਗੋਕੇ ਹਾਜ਼ਰ ਸਨ। ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਰਦਾਸ ਉਪਰੰਤ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਗਿਆਨੀ ਜਗਤਾਰ ਸਿੰਘ ਨੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭਰਾਤਾ ਭਾਈ ਭੁਪਿੰਦਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਭਾਈ ਵਰਿਆਮ ਸਿੰਘ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ ਨੂੰ ਸਿਰੋਪਾਉ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਸਟਾਫ ਸਹਿਤ ਮੌਜੂਦ ਸਨ। ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਰਾਂ ਆਪਣੇ ਸੰਖੇਪ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਪ੍ਰੀਵਾਰਾਂ ਨੂੰ ਸਿਰੋਪਾਉ ਸ੍ਰੀ ਦਰਬਾਰ ਸਾਹਿਬ ਵਲੋਂ ਭੇਟ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: