February 5, 2021 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਜਿੱਥੇ ਵੱਖ-ਵੱਖ ਦੇਸ਼ਾਂ ਦੇ ਲੋਕ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ ਉੱਥੇ ਹੀ ਕਈ ਅਮਰੀਕੀ ਕਾਨੂੰਨਸਾਜ਼ਾਂ ਨੇ ਮੂਹਰੇ ਹੋ ਕੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਅਮਰੀਕੀ ਕਾਨੂੰਨਸਾਜ਼ ਹੇਲੀ ਸਟੀਵਨਜ਼ ਨੇ ਕਿਹਾ, ‘ਭਾਰਤ ਵਿੱਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤੀਪੂਰਨ ਤਰੀਕੇ ਨਾਲ ਜਾਰੀ ਵਿਰੋਧ ਪ੍ਰਦਰਸ਼ਨ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਮੈਂ ਫ਼ਿਕਰਮੰਦ ਹਾਂ।’
ਸਟੀਵਨਜ਼ ਨੇ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਸਰਕਾਰ ਤੇ ਕਿਸਾਨਾਂ ਦੇ ਨੁਮਾਇੰਦੇ ਸੰਵਾਦ ਜ਼ਰੀਏ ਉਸਾਰੂ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ। ਸਟੀਵਨਜ਼ ਨੇ ਕਿਹਾ ਕਿ ਉਹ ਪੂਰੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਇਕ ਹੋਰ ਕਾਨੂੰਨਸਾਜ਼ ਇਲਹਾਨ ਉਮਰ ਨੇ ਵੀ ਆਪਣੀ ਰੋਜ਼ੀ ਰੋਟੀ ਖਾਤਰ ਸੰਘਰਸ਼ ਦੇ ਰਾਹ ਪੲੇ ਕਿਸਾਨਾਂ ਨਾਲ ਇਕਮੁੱਠਤਾ ਦਾ ਇਜ਼ਹਾਰ ਕੀਤਾ। ਉਸ ਨੇ ਇਕ ਟਵੀਟ ’ਚ ਕਿਹਾ, ‘ਭਾਰਤ ਉਨ੍ਹਾਂ (ਕਿਸਾਨਾਂ) ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਬੰਦ ਪਿਆ ਇੰਟਰਨੈੱਟ ਚਾਲੂ ਕਰੇ ਤੇ ਧਰਨੇ ਨੂੰ ਕਵਰ ਕਰਨ ਵਾਲੇ ਸਾਰੇ ਪੱਤਰਕਾਰਾਂ ਨੂੰ ਰਿਹਾਅ ਕੀਤਾ ਜਾਵੇ।’ ਉਧਰ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਗੁਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਕਿਸਾਨਾਂ ਦਾ ਇਤਿਹਾਸਕ ਅੰਦੋਲਨ ਭਾਰਤ ਦੀ ਪੂੰਜੀਵਾਦੀ ਸਰਕਾਰ ਖ਼ਿਲਾਫ਼ ਸਭ ਤੋਂ ਵੱਡੇ ਇਨਕਲਾਬ ’ਚ ਤਬਦੀਲ ਹੋ ਗਿਆ ਹੈ।
Related Topics: farmer, Haley Stevens